ਜਲੰਧਰ:-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ (ਦਿਹਾਤੀ) ਸੰਦੀਪ ਕੁਮਾਰ ਗਰਗ ਤੇ ਕਮਿਸ਼ਨਰ ਨਗਰ ਨਿਗਮ ਕਰਨੇਸ਼ ਸ਼ਰਮਾ ਵਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਵਲੋਂ ਦਿਖਾਏ ਗਏ ਮਾਰਗ ਅਤੇ ਆਦਰਸ਼ਾਂ ‘ਤੇ ਚੱਲਣ ਦਾ ਸੱਦਾ ਦਿੱਤਾ ਗਿਆ, ਜਿਨਾ ਨੇ ਆਦਰਸ਼ ਸਮਾਜ ਦੀ ਸਿਰਜਣਾ ਲਈ ਬਰਾਬਰਤਾ ਅਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਦਾ ਪ੍ਰਚਾਰ ਕੀਤਾ।ਭਗਵਾਨ ਵਾਲਮੀਕ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋਣ ਮੌਕੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਐਸ.ਐਸ.ਪੀ. ਅਤੇ ਕਮਿਸ਼ਨਰ ਨਗਰ ਨਿਗਮ ਜਿਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ, ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਪਹਿਲੇ ਕਵੀ ਜਾਂ ਆਦੀ ਕਵੀ ਸਨ ਜਿਨਾਂ ਨੇ ਪਵਿੱਤਰ ‘ਰਮਾਇਣ’ ਦੀ ਰਚਨਾ ਕਰਕੇ ਬਦੀ ਉਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ। ਉਨਾਂ ਨੇ ਕਿਹਾ ਕਿ ਇਸ ਮਹਾਨ ਸ਼ਖਸੀਅਤ ਵਲੋਂ ਸਦੀਆਂ ਪਹਿਲਾਂ ਰਚਿਤ ਮਹਾਂਕਾਵਿ ਆਦਰਸ਼ ਜੀਵਨ ਬਤੀਤ ਕਰਨ ਲਈ ਚਾਨਣ ਮੁਨਾਰੇ ਵਜੋਂ ਕੰਮ ਕਰ ਰਿਹਾ ਹੈ ਅਤੇ ਇਹ ਅੱਜ ਦੇ ਪਦਾਰਥ ਵਾਦੀ ਯੁੱਗ ਵਿੱਚ ਵੀ ਕਦਰਾਂ-ਕੀਮਤਾਂ ਭਰਪੂਰ ਤੇ ਆਦਰਸ਼ ਸਮਾਜ ਦੀ ਸਿਰਜਣਾਂ ਵਿੱਚ ਬਹੁਤ ਮਹੱਤਵਪੂਰਨ ਸਿੱਧ ਹੋ ਰਿਹਾ ਹੈ।  ਭਗਵਾਨ ਵਾਲਮੀਕਿ ਜੀ ਮਹਾਰਾਜ ਵਲੋਂ ਦਿੱਤੀਆ ਗਈਆਂ ਸਿੱਖਿਆਵਾਂ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ‘ਤੇ ਜ਼ੋਰ ਦੇਣ ਦੇ ਨਾਲ-ਨਾਲ ਆਦਰਸ਼ ਸਮਾਜ ਤੇ ਸੂਬੇ ਲਈ ਆਦਰਸ਼ ਆਦਮੀ, ਆਦਰਸ਼ ਸ਼ਾਸਕ ਅਤੇ ਅਦਾਰਸ਼ ਲੋਕਾਂ ਵਲੋਂ ਅਪਣਾਈਆਂ ਜਾਣ ਵਾਲੀਆਂ ਕਦਰਾਂ ਕੀਮਤਾਂ ਪ੍ਰਤੀ ਪ੍ਰੇਰਿਤ ਕੀਤਾ ਗਿਆ। ਵੱਖ-ਵੱਖ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨਾਂ ਕਿਹਾ ਕਿ ਇਸ ਨਾਲ ਜਿਥੇ ਭਗਵਾਨ ਵਾਲਮੀਕਿ ਜੀ ਵਲੋਂ ਭਾਈਚਾਰਕ ਸਾਂਝ ਵਾਲੇ ਸਮਾਜ ਦੀ ਸਿਰਜਣਾ ਦੇ ਸੁਨੇਹੇ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਇਹ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਦੀ ਤਰੱਕੀ ਲਈ ਕਦਰਾਂ-ਕੀਮਤਾਂ ਅਪਣਾਉਣ ਪ੍ਰਤੀ ਪ੍ਰੇਰਿਤ ਕਰਨ ਲਈ ਇਕ ਚਾਨਣ ਮੁਨਾਰੇ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵੀ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਨੂੰ ਮਜ਼ਬੂਤ ਬਣਾਈ ਰੱਖਣ ਵਿੱਚ ਬਹੁਤ ਕਾਰਗਰ ਸਿੱਧ ਹੋ ਰਹੀਆਂ ਹਨ। ਉਨਾਂ ਵਲੋਂ ਵੱਖ-ਵੱਖ ਸੰਸਥਾਵਾਂ ਵਲੋਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਪ੍ਰਤੀ ਜਾਣੂੰ ਕਰਵਾਉਣ ਲਈ ਹਰ ਸਾਲ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਲਈ ਵਧਾਈ ਵੀ ਦਿੱਤੀ ਗਈ। ਇਸ ਮੌਕੇ ਸੰਸਥਾਵਾਂ ਦੇ ਪ੍ਰਤੀਨਿਧੀਆਂ ਵਲੋਂ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਐਸ.ਐਸ.ਪੀ., ਕਮਿਸ਼ਨਰ ਨਗਰ ਨਿਗਮ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਸ਼ਾਲ ਅਤੇ ਤਲਵਾਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ