ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਅਤੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਸੂਬਾ ਪੱਧਰੀ ਯੂਨੀਵਰਸਿਟੀਆਂ ਵਿੱਚ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ।

ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਬੰਧਤ ਬਿੱਲ ਵਿਧਾਨ ਸਭਾ ਦੇ ਮੌਜੂਦਾ ਬਜਟ ਇਜਲਾਸ ਵਿੱਚ ਪੇਸ਼ ਕੀਤੇ ਜਾਣਗੇ।

ਬਿੱਲ ਲਾਗੂ ਹੋਣ ਨਾਲ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ, ਫਿਰੋਜ਼ਪੁਰ ਅਤੇ ਬੇਅੰਤ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਗੁਰਦਾਸਪੁਰ ਨੂੰ ਕ੍ਰਮਵਾਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜਪੁਰ ਅਤੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਇਨ੍ਹਾਂ ਇੰਜੀਨੀਅਰਿੰਗ ਕਾਲਜਾਂ ਨੂੰ ਸੂਬੇ ਦੀਆਂ ਯੂਨੀਵਰਸਿਟੀਆਂ ਵਜੋਂ ਅਪਗ੍ਰੇਡ ਕਰਨ ਨਾਲ ਇਹ ਦੋਵੇਂ ਸੰਸਥਾਵਾਂ ਆਪਣੇ ਵਿੱਤੀ ਸਥਿਤੀ ਵਿੱਚ ਸੁਧਾਰ ਕਰਨ ਦੇ ਨਾਲ ਨਾਲ ਆਸ ਪਾਸ ਦੇ ਖੇਤਰਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਆਪਣੇ ਮੌਜੂਦਾ ਢਾਂਚੇ ਨਾਲ ਬਹੁ-ਅਨੁਸ਼ਾਸਨੀ ਕੋਰਸ ਸ਼ੁਰੂ ਕਰਨ ਦੇ ਯੋਗ ਹੋ ਜਾਣਗੀਆਂ।

ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਤਰੀ ਮੰਡਲ ਨੂੰ ਦੱਸਿਆ ਕਿ ਵਿੱਤ ਵਿਭਾਗ ਨੇ ਦੋਵਾਂ ਯੂਨੀਵਰਸਿਟੀਆਂ ਵਿਚੋਂ ਹਰੇਕ ਲਈ ਅਗਲੇ 3 ਸਾਲਾਂ ਲਈ 45 ਕਰੋੜ ਰੁਪਏ (15 ਕਰੋੜ ਰੁਪਏ/ਸਾਲ) ਦੀ ਗ੍ਰਾਂਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨੂੰ ਆਈ.ਆਈ.ਟੀ ਰੋਪੜ ਵੱਲੋਂ ਵਿਦਿਆਰਥੀਆਂ ਨੂੰ ਆਕਰਸ਼ਤ ਕਰਨ ਲਈ ਸੇਧ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ 3 ਸਾਲਾਂ ਬਾਅਦ ਗਰਾਂਟ ਜਾਰੀ ਰੱਖਣ ਦੀ ਸਮੀਖਿਆ ਕੀਤੀ ਜਾਵੇਗੀ।

ਸੂਬੇ ਸਰਕਾਰ ਵੱਲੋਂ 1994 ਵਿੱਚ ਸਥਾਪਤ ਕੀਤੀਆਂ ਇਨ੍ਹਾਂ ਦੋਵਾਂ ਸੰਸਥਾਵਾਂ ਨੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਤਕਨੀਕੀ ਸਿੱਖਿਆ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਹ ਸੰਸਥਾਵਾਂ ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ 1860 ਤਹਿਤ ਰਜਿਸਟਰਡ ਸੁਸਾਇਟੀਆਂ ਵੱਲੋਂ ਚਲਾਈਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਸਾਰੇ ਮਾਮਲਿਆਂ ਦੀ ਦੇਖ-ਰੇਖ ਸੂਬਾ ਸਰਕਾਰ ਵੱਲੋਂ ਗਠਿਤ ਬੋਰਡ ਆਫ ਗਵਰਨਰਜ਼ ਵੱਲੋਂ ਕੀਤੀ ਜਾਂਦੀ ਹੈ।