ਚੰਡੀਗੜ੍ਹਲੰਮੇ ਸਮੇਂ ਤੋਂ ਨਵੇਂ ਤਨਖ਼ਾਹ ਸਕੇਲ ਦੀ ਉਡੀਕ ਕਰ ਰਹੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਰਾਜ ਸਰਕਾਰ ਨੇ ਮੁੜ ਝਟਕਾ ਦਿੱਤਾ ਹੈ। ਸਰਕਾਰ ਨੇ ਛੇਵੇਂ ਤਨਖ਼ਾਹ ਕਮਿਸ਼ਨ ਦਾ ਕਾਰਜਕਾਲ 31 ਮਈ, 2021 ਤੱਕ ਵਧਾ ਦਿੱਤਾ। ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਬੀਤੀ ਇੱਕ ਅਪ੍ਰੈਲ ਨੂੰ ਜਾਰੀ ਨੋਟੀਫ਼ਿਕੇਸ਼ਨ ਨੂੰ ਅੱਗੇ ਵੀ ਜਾਰੀ ਰੱਖਦਿਆਂ ਛੇਵੇਂ ਤਨਖ਼ਾਹ ਕਮਿਸ਼ਨ ਦਾ ਕਾਰਜਕਾਲ 31 ਮਈ ਤੱਕ ਜਾਂ ਰਿਪੋਰਟ ਸੌਂਪੇ ਜਾਣ ਤੱਕ ਜਾਂ ਦੋਵਾਂ ਵਿੱਚੋਂ ਜੋ ਵੀ ਪਹਿਲਾਂ ਹੋਵੇਉਨ੍ਹਾਂ ਅਨੁਸਾਰ ਵਧਾ ਦਿੱਤਾ ਹੈ।

ਇਸ ਤੋਂ ਪਹਿਲਾਂ ਰਾਜ ਸਰਕਾਰ ਨੇ 31 ਮਾਰਚ ਨੂੰ ਖ਼ਤਮ ਹੋਈ ਛੇ ਮਹੀਨਿਆਂ ਦੀ ਮਿਆਦ ਨੂੰ 30 ਅਪ੍ਰੈਲ ਤੱਕ ਵਧਾ ਦਿੱਤਾ ਸੀ। ਸਰਕਾਰੀ ਮੁਲਾਜ਼ਮ ਪਿਛਲੇ ਪੰਜ ਸਾਲਾਂ ਤੋਂ ਇਸ ਕਮਿਸ਼ਨ ਦੀ ਰਿਪੋਰਟ ਦੀ ਉਡੀਕ ਕਰ ਰਹੇ ਹਨ। ਪੰਜਾਬ ਵਿੱਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੇਲੇ ਫ਼ਰਵਰੀ 2016 ’ਚ ਤਨਖ਼ਾਹ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਤਦ ਸਰਕਾਰ ਨੇ ਸਾਬਕਾ ਮੁੱਖ ਸਕੱਤਰ ਆਰਐਸ ਮਾਨ ਦੀ ਅਗਵਾਈ ਹੇਠ ਕਮਿਸ਼ਨ ਦਾ ਮੈਂਬਰੀ ਪੈਨਲ ਬਣਾਇਆ ਸੀ ਪਰ ਇਸ ਦੇ ਦੋ ਮੈਂਬਰਾਂ ਦੀ ਨਿਯੁਕਤੀ ’ਚ ਹੀ ਮਹੀਨਿਆਂ ਦਾ ਸਮਾਂ ਬੀਤ ਗਿਆ ਤੇ ਦੋਵੇਂ ਮੈਂਬਰਾਂ ਦੀ ਨਿਯੁਕਤੀ ਨਵੰਬਰ 2016 ’ਚ ਹੋ ਸਕੀ।