ਮੋਗਾ, 10 ਮਈ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਮੋਗਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਦਫ਼ਤਰ ਵੱਲੋਂ ਮਿਤੀ 8 ਮਈ, 2021 ਨੂੰ ਕੋਵਿਡ ਨਾਲ ਸਬੰਧਤ ਹੁਕਮ ਜਾਰੀ ਕੀਤੇ ਗਏ ਸਨ। ਇਸ ਹੁਕਮ ਤਹਿਤ ਜ਼ਿਲ੍ਹਾ ਮੋਗਾ ਦੇ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ/ਸਕੂਲ/ਕਾਲਜ/ਕੋਚਿੰਗ ਸੈਂਟਰ/ਆਈਲੈਟਸ ਸੈਂਟਰ (ਕੇਵਲ ਟੀਚਿੰਗ ਅਤੇ ਨਾਲ ਟੀਚਿੰਗ ਸਟਾਫ਼ 50 ਫੀਸਦੀ ਸਮਰੱਥਾ ਨਾਲ) ਆਨਲਾਈਨ ਕਲਾਸਾਂ ਅਤੇ ਦਫ਼ਤਰੀ ਕੰਮ ਲਈ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਦੁਪਹਿ 2 ਵਜੇ ਤੱਕ ਖੁੱਲ੍ਹਣ ਦੇ ਹੁਕਮ ਦਿੱਤੇ ਗਏ ਸਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਵਿੱਚ ਸੋਧ ਕਰਦੇ ਹੋਏ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਇਹ ਹੁਕਮ ਸਰਕਾਰੀ ਦਫ਼ਤਰਾਂ ਤੇ ਲਾਗੂ ਨਹੀਂ ਹੋਣਗੇ, ਭਾਵ ਸਰਕਾਰੀ ਦਫ਼ਤਰ ਪਹਿਲਾਂ ਵਾਂਗ ਹੀ ਕੰਮ ਕਰਨਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।