ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ਸਮੇਤ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਜ਼ਿਲੇ ਵਿਚ ਕੋਵਿਡ-19 ਦੀ ਸਥਿਤੀ, ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਸਾਂਭ-ਸੰਭਾਲ, ਮੈਡੀਕਲ ਆਕਸੀਜਨ, ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੀ ਲੋੜ ਅਤੇ ਉਪਲਬੱਧਤਾ ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦੇ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਪ੍ਰਣਾਲੀ ਅਪਣਾਉਣ ਦੀ ਤਾਕੀਦ ਕੀਤੀ। ਉਨਾਂ ਪ੍ਰਾਈਵੇਟ ਹਸਪਤਾਲਾਂ ਨੂੰ ਲੈਵਲ-3 ਕੋਵਿਡ ਮਰੀਜ਼ਾਂ ਲਈ ਬੱਡਾਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੰਦਿਆਂ ਉਨਾਂ ਨੂੰ ਕੋਵਿਡ ਮਰੀਜ਼ਾਂ ਦੀ ਸਿਹਤ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਆਪਣੇ ਹਸਪਤਾਲਾਂ ਵਿਚ ਹੈਲਪ ਡੈਸਕ ਸਥਾਪਿਤ ਕਰਨ ਦੀ ਵੀ ਹਦਾਇਤ ਕੀਤੀ। ਉਨਾਂ ਕਿਹਾ ਕਿ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਆਪਣੇ ਮਰੀਜ਼ ਦੀ ਸਥਿਤੀ ਬਾਰੇ ਸਹੀ ਜਾਣਕਾਰੀ ਮਿਲਦੀ ਰਹਿਣੀ ਜ਼ਰੂਰੀ ਹੈ ਅਤੇ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਆਉਣੀ ਚਾਹੀਦੀ।