ਦੋਨਾਂ ਅਧਿਕਾਰੀਆਂ ਨੇ ਜ਼ਿਲ੍ਹੇ ’ਚ ਕੋਵਿਡ ਮਰੀਜ਼ਾਂ ਲਈ ਆਕਸੀਜਨ ਦੀ ਸੁਚਾਰੂ ਸਪਲਾਈ ਲਈ ਨਿਭਾਈ ਅਹਿਮ ਭੂਮਿਕਾ

ਜੀ.ਐਮ ਉਦਯੋਗ ਕੇਂਦਰ ਅਰੁਣ ਕੁਮਾਰ ਅਤੇ ਡਰੱਗ ਇੰਸਪੈਕਟਰ ਪਰਮਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਵਲੋਂ ਕੀਤੀ ਗਈ ਹੌਂਸਲਾ ਅਫਜ਼ਾਈ ਦੇ ਲਈ ਕੀਤਾ ਧੰਨਵਾਦ
 
ਕਿਹਾ, ਭਵਿੱਖ ’ਚ ਵੀ ਪੂਰੀ ਤਨਦੇਹੀ ਨਾਲ ਨਿਭਾਵਾਂਗੇ ਦਿੱਤੀ ਗਈ ਜ਼ਿੰਮੇਵਾਰੀ
 
ਹੁਸ਼ਿਆਰਪੁਰ, 11 ਜੂਨ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਕੋਵਿਡ ਮਹਾਂਮਾਰੀ ਦੇ ਮੁਸ਼ਕਿਲ ਦੌਰ ਵਿੱਚ ਜ਼ਿਲ੍ਹੇ ਵਿੱਚ ਆਕਸੀਜਨ ਦੀ ਨਿਰਵਿਘਨ ਅਤੇ ਸੁਚਾਰੂ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਉਦਯੋਗ ਕੇਂਦਰ ਦੇ ਜੀ.ਐਮ ਅਰੁਣ ਕੁਮਾਰ ਅਤੇ ਡਰੱਗ ਇੰਸਪੈਕਟਰ ਪਰਮਿੰਦਰ ਸਿੰਘ ਨੂੰ ਸ਼ਲਾਘਾ ਪੱਤਰ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਹੀ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀ ਗਈ ਕੋਵਿਡ ਸਬੰਧੀ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ, ਜਿਸ ਦੇ ਚੱਲਦੇ ਜ਼ਿਲ੍ਹੇ ਵਿੱਚ ਆਕਸੀਜਨ ਸਪਲਾਈ ਨੂੰ ਲੈ ਕੇ ਕਦੇ ਕੋਈ ਕਮੀ ਨਹੀਂ ਆਈ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੀ.ਐਮ. ਜ਼ਿਲ੍ਹਾ ਉਦਯੋਗ ਕੇੀਦਰ ਅਰੁਣ ਕੁਮਾਰ ਨੇ ਉਦਯੋਗਾਂ ਵਿੱਚ ਪ੍ਰਯੋਗ ਹੋਣ ਵਾਲੀ ਮੈਡੀਕਲ ਆਕਸੀਜਨ ਨੂੰ ਕੋਵਿਡ ਮਰੀਜ਼ਾਂ ਦੇ ਲਈ ਉਪਲਬਧ ਕਰਵਾਉਣ ਵਿੱਚ ਬੇਹਤਰੀਨ ਭੂਮਿਕਾ ਨਿਭਾਈ ਹੈ ਅਤੇ ਸਿਹਤ ਵਿਭਾਗ ਨੂੰ ਸਮੇਂ-ਸਮੇਂ ’ਤੇ ਆਕਸੀਜਨ ਮੁਹੱਈਆ ਕਰਵਾਈ ਹੈ। ਇਸ ਤੋਂ ਇਲਾਵਾ ਡਰੱਗ ਇੰਸਪੈਕਟਰ ਪਰਮਿੰਦਰ ਸਿੰਘ ਨੇ ਨਾਈਟ ਡਿਊਟੀ ਕਰਕੇ ਆਕਸੀਜਨ ਦੀ ਹਸਪਤਾਲਾਂ ਦੀ ਲੋੜ ਦੇ ਹਿਸਾਬ ਨਾਲ ਸਪਲਾਈ ਨੂੰ ਯਕੀਨੀ ਬਣਾਇਆ। ਦੇਰ ਰਾਤ ਆਕਸੀਜਨ ਦੇ ਟੈਂਕਰਾਂ ਤੋਂ ਆਕਸੀਜਨ ਲੋਡਿੰਗ ਅਤੇ ਅਨਲੋਡਿੰਗ ਨੂੰ ਸੁਚਾਰੂ ਤਰੀਕੇ ਨਾਲ ਕਰਵਾਉਣ ਤੋਂ ਇਲਾਵਾ ਵੱਖ-ਵੱਖ ਸੋਮਿਆਂ ਤੋਂ ਆਕਸੀਜਨ ਉਪਲਬਧ ਕਰਵਾਉਣਾ, ਜੋ ਮਰੀਜ਼ ਘਰਾਂ ਵਿੱਚ ਆਕਸੀਜਨ ਲੈ ਰਹੇ ਹਨ ਉਨ੍ਹਾਂ ਤੱਕ ਸਪਲਾਈ ਪਹੁੰਚਾਉਣੀ, ਐਂਬੂਲੈਂਸ ਵਿੱਚ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਤੋਂ ਇਲਾਵਾ ਕਈ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ।

ਅਪਨੀਤ ਰਿਆਤ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਭਵਿੱਖ ਵਿੱਚ ਵੀ ਇਹ ਅਧਿਕਾਰੀ ਇਸ ਜ਼ਿੰਮੇਵਾਰੀ ਨੂੰ ਲਗਨ ਦੇ ਨਾਲ ਨਿਭਾਉਂਦੇ ਰਹਿਣਗੇ। ਦੋਵੇਂ ਹੀ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਵਲੋਂ ਕੀਤੀ ਗਈ ਹੌਂਸਲਾ ਅਫ਼ਜਾਈ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦੁਆਇਆ ਕਿ ਭਵਿੱਖ ਵਿੱਚ ਵੀ ਪ੍ਰਸ਼ਾਸਨ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਵਲੋਂ ਕੁਝ ਦਿਨ ਪਹਿਲਾਂ ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ, ਜਿਸ ਨੂੰ ਆਕਸੀਜਨ ਅਪਲਾਈ ਸਬੰਧੀ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਸੀ, ਨੂੰ ਵੀ ਸ਼ਲਾਘਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਸੀ