ਅੰਮ੍ਰਿਤਸਰ 23 ਅਗਸਤ --ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਘਰ-ਘਰ ਰੋਜ਼ਗਾਰ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿੱਤ ਮੈਗਾ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਸਤੰਬਰ 2021 ਮਹੀਨੇ ਦੌਰਾਨ 7ਵਾਂ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਰਣਬੀਰ ਸਿੰਘ ਮੂਧਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਨੂੰ ਸਫਲ ਬਣਾਉਣ ਦੇ ਮੰਤਵ ਨਾਲ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਉੱਪਰ ਸਤੰਬਰ ਮਹੀਨੇ ਦੌਰਾਨ ਕੁੱਲ 5 ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਮੇਲੇ ਵਿੱਚ ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗਾਰ ਸਕੀਮ ਤਹਿਤ ਲਗਭਗ 15000 ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਟੀਚੇ ਨੂੰ ਮੁਕੰਮਲ ਕਰਨ ਲਈ ਮੇਲੇ ਵਿੱਚ ਨਾਮਵਾਰ ਪ੍ਰਾਈਵੇਟ ਕੰਪਨੀਆਂ ਦੇ ਨੁਮਾਇੰਦੇ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਸ਼ਮੂਲੀਅਤ ਕਰਨਗੇ। ਇਨ੍ਹਾਂ 5 ਮੇਲਿਆਂ ਦੀ ਲੜੀ ਦਾ ਪਹਿਲਾ ਮੈਗਾ ਰੋਜ਼ਗਾਰ ਮੇਲਾ 9 ਸਤੰਬਰ ਨੂੰ ਸਰਕਾਰੀ ਬਹੁਤਕਨੀਕੀ ਕਾਲਜ, ਛੇਹਰਟਾ ਵਿਖੇ ਲਗਾਇਆ ਜਾ ਰਿਹਾ ਹੈ ਅਤੇ 9 ਸਤੰਬਰ ਦੇ ਮੇਲੇ ਤੋਂ ਇਲਾਵਾ ਜਿਲ੍ਹੇ ਵਿੱਚ 4 ਹੋਰ ਰੋਜ਼ਗਾਰ ਮੇਲੇ 10 ਸਤੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਜਿਲ੍ਹਾ ਕਚਿਹਰੀਆਂ ਅੰਮ੍ਰਿਤਸਰ, 14 ਸਤੰਬਰ ਨੂੰ ਸਰਕਾਰੀ ਆਈ. ਟੀ. ਆਈ ਅਜਨਾਲਾ,16 ਸਤੰਬਰ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਰਈਆ ਅਤੇ 17 ਸਤੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਜਿਲ੍ਹਾ ਕਚਿਹਰੀਆਂ ਅੰਮ੍ਰਿਤਸਰ ਵਿਖੇ ਲਗਾਇਆ ਜਾ ਰਿਹਾ ਹੈ। ਇਨ੍ਹਾਂ ਸਾਰੇ ਮੇਲਿਆਂ ਵਿੱਚ ਮੈਟ੍ਰਿਕ ਤੋਂ ਲੈ ਕੇ ਪੋਸਟ ਗਰੈਚੂਏਟ ਦੇ ਪ੍ਰਾਰਥੀ ਭਾਗ ਲੈ ਸਕਦੇ ਹਨ। ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਸ਼੍ਰੀ ਵਿਕਰਮਜੀਤ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਕਰੋਨਾ ਮਹਾਂਮਾਰੀ ਦੇ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਲਗਾਏ ਜਾਣਗੇ । ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।