ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਦੋਵਾਂ ਕੈਂਪਾਂ ਵਿੱਚ 451 ਬੇਰੋਜ਼ਗਾਰ ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 398 ਦੀ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਗਈ ।

ਉਨ੍ਹਾਂ ਅੱਗੇ ਦੱਸਿਆ ਕਿ ਏ-ਵਨ ਇੰਟਰਨੈਸ਼ਨਲ, ਫਿਊਚਰ ਜਨਰਲੀ, ਪਲੇਸਮੈਡਸ, ਪੁਖਰਾਜ ਹੈਲਥ ਕੇਅਰ, ਹਰਬਲਾਈਫ ਨਿਊਟਰਿਸ਼ਨ, ਐਨ.ਆਈ.ਆਈ.ਟੀ., ਐਲ.ਆਈ.ਸੀ. ਨਕੋਦਰ, ਹੈਲਥ ਹਰਬਲ, ਸਟਾਰ ਹੈਲਥ ਇੰਸ਼ੋਰੈਂਸ, ਏਜਾਈਲ, ਆਈ.ਸੀ.ਆਈ. ਸੀ.ਆਈ. ਬੈਂਕ ਸਮੇਤ ਕੁੱਲ 13 ਕੰਪਨੀਆਂ ਨੇ ਰੋਜ਼ਗਾਰ ਮੇਲਿਆਂ ਸ਼ਿਰਕਤ ਕੀਤੀ ਅਤੇ ਰੋਜ਼ਗਾਰ ਲਈ ਮੌਕੇ 'ਤੇ 398 ਬੇਰੋਜ਼ਗਾਰ ਨੌਜਵਾਨਾਂ ਦੀ ਚੋਣ ਕੀਤੀ।
ਸ਼੍ਰੀ ਥੋਰੀ ਨੇ ਅੱਗੇ ਦੱਸਿਆ ਕਿ ਬੀ.ਡੀ.ਪੀ.ਓ. ਪੱਛਮੀ ਦੇ ਦਫ਼ਤਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 167 ਨੌਜਵਾਨਾਂ ਨੂੰ ਰੋਜ਼ਗਾਰ ਲਈ ਚੁਣਿਆ ਗਿਆ ਜਦਕਿ ਮਹਿਤਪੁਰ ਵਿਖੇ 231 ਦੀ ਨੌਕਰੀਆਂ ਲਈ ਚੋਣ ਕੀਤੀ ਗਈ ।
ਉਨ੍ਹਾਂ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਸਹਾਇਕ ਸਿੱਧ ਹੋ ਰਹੇ ਹਨ ਅਤੇ ਇਨ੍ਹਾਂ ਮੇਲਿਆਂ ਰਾਹੀਂ ਰੋਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਰਾਜ ਦੇ ਆਰਥਿਕ-ਸਮਾਜਿਕ ਵਿਕਾਸ ਵਿੱਚ ਹਿੱਸੇਦਾਰ ਬਣਨਗੇ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਦੌਰਾਨ ਕੋਵਿਡ ਪ੍ਰੋਟੋਕੋਲਜ਼ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ, ਜਿਸ ਤਹਿਤ ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਿਯਮਿਤ ਰੋਜ਼ਗਾਰ ਮੇਲਿਆਂ ਤੋਂ ਇਲਾਵਾ ਜ਼ਿਲ੍ਹੇ ਵਿੱਚ 9 ਤੋਂ 17 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਤਹਿਤ 9 ਸਤੰਬਰ ਨੂੰ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ, 10 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ, 13 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਟ ਸ਼ਾਹਪੁਰ ਕੈਂਪਸ, 15 ਸਤੰਬਰ ਨੂੰ ਜਨਤਾ ਕਾਲਜ ਕਰਤਾਰਪੁਰ ਅਤੇ 17 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਭੋਗਪੁਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ।
ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਨੌਕਰੀਆਂ ਲਈ ਨੌਜਵਾਨ ਵਿਭਾਗ ਦੀ ਵੈਬਸਾਈਟ www.pgrkam.com 'ਤੇ ਰਜਿਸਟਰ ਕਰ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।