ਇਸ ਦੇ ਨਾਲ ਹੀ ਬੇਰੋਜ਼ਗਾਰ ਨੌਜਵਾਨਾਂ ਵਿਚਲੇ ਹੁਨਰਾਂ ਨੂੰ ਵਿਕਸਤ ਕਰਨ ਲਈ ਜਿਥੇ 'ਮੇਰਾ ਕਾਮ-ਮੇਰਾ ਮਾਣ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਉਥੇ ਵੱਖ-ਵੱਖ ਸਰਕਾਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਕੈਂਪ ਦਾ ਆਗਾਜ਼ ਵੀ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੈਗਾ ਰੋਜ਼ਗਾਰ ਮੇਲੇ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਰਹੇ ਹਨ।
ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਹਰ ਘਰ ਨੂੰ ਨੌਕਰੀ ਮੁਹੱਈਆ ਕਰਵਾਉਣ ਦੀ ਨਿਵੇਕਲੀ ਪਹਿਲ ਹਨ ।
ਉਨ੍ਹਾਂ ਕਿਹਾ ਕਿ ਕੰਪਨੀਆਂ ਵੱਲੋਂ ਪੂਰੀ ਪਾਰਦਰਸ਼ਤਾ ਨਾਲ ਇਨ੍ਹਾਂ ਵਿਦਿਆਰਥੀਆਂ ਦੀ ਚੋਣ ਆਪਣੀ ਲੋੜ ਅਨੁਸਾਰ ਕੀਤੀ ਜਾਵੇਗੀ । ਉਨ੍ਹਾਂ ਅੱਗੇ ਕਿਹਾ ਕਿ ਰੋਜ਼ਗਾਰ ਮੇਲਿਆਂ ਸਦਕਾ ਜ਼ਿਲ੍ਹੇ ਦੇ ਲੋੜਵੰਦ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਅਤੇ ਸਥਾਨਕ ਉਦਯੋਗ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਹੁਨਰਮੰਦ ਕਿਰਤ ਸ਼ਕਤੀ ਪ੍ਰਦਾਨ ਕਰਨ ਦੇ ਉਦੇਸ਼ਾਂ ਦੀ ਪੂਰਤੀ ਹੋਵੇਗੀ।
ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਨੌਜਵਾਨਾਂ ਨੂੰ ਸਰਕਾਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਾਸਤੇ ਮੁਫ਼ਤ ਆਨਲਾਈਨ ਕੋਚਿੰਗ ਦੀ ਸ਼ੁਰੂਆਤ ਦੇ ਨਾਲ ਬੇਰੋਜ਼ਗਾਰ ਨੌਜਵਾਨਾਂ ਦੇ ਹੁਨਰ ਨੂੰ ਵਿਕਸਿਤ ਕਰਨ ਲਈ 'ਮੇਰਾ ਕਾਮ-ਮੇਰਾ ਮਾਣ' ਪ੍ਰੋਗਰਾਮ ਦਾ ਆਗਾਜ਼ ਵੀ ਕੀਤਾ ਗਿਆ ।
ਉਨ੍ਹਾਂ ਦੱਸਿਆ ਕਿ 'ਮੇਰਾ ਕਾਮ-ਮੇਰਾ ਮਾਣ' ਯੋਜਨਾ ਅਧੀਨ ਪੰਜਾਬ ਹੁਨਰ ਵਿਕਾਸ ਮਿਸ਼ਨ ਸਿਖਲਾਈ ਕੇਂਦਰਾਂ ਵਿੱਚ ਛੋਟੀ ਮਿਆਦ ਦੇ ਹੁਨਰ ਸਿਖਲਾਈ ਪ੍ਰੋਗਰਾਮਾਂ ਤਹਿਤ ਸਿਖਿਆਰਥੀਆਂ ਨੂੰ ਸਿਖਲਾਈ ਕੋਰਸ ਸ਼ੁਰੂ ਹੋਣ ਤੋਂ ਲੈ ਕੇ 12 ਮਹੀਨਿਆਂ ਦੀ ਮਿਆਦ ਲਈ 2500 ਰੁਪਏ ਪ੍ਰਤੀ ਮਹੀਨਾ ਰੋਜ਼ਗਾਰ ਭੱਤਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਭੱਤਾ ਸਿਖਲਾਈ ਦੇ ਸਮੇਂ ਦੌਰਾਨ ਦਿੱਤਾ ਜਾਵੇਗਾ। ਉਨ੍ਹਾਂ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵਿਖੇ ਸੰਪਰਕ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ.ਬੀ.), ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.), ਸਟਾਫ਼ ਸਿਲੈਕਸ਼ਨ ਕਮਿਸ਼ਨ (ਐਸ.ਐਸ.ਸੀ.), ਪੁਲਿਸ, ਰੇਲਵੇ ਬੋਰਡ, ਪ੍ਰੋਬੇਸ਼ਨਰੀ ਅਫ਼ਸਰ ਪ੍ਰੀਖਿਆ ਸਮੇਤ ਹੋਰ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਹਜ਼ਾਰਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਨੌਜਵਾਨਾਂ ਦੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਸੁਪਨੇ ਪੂਰੇ ਹੋਣਗੇ।
ਡਿਪਟੀ ਕਮਿਸ਼ਨਰ ਨੇ ਯੋਗ ਉਮੀਦਵਾਰਾਂ ਨੂੰ ਅੱਗੇ ਆਉਣ ਅਤੇ ਇਨ੍ਹਾਂ ਮੁਫ਼ਤ ਆਨਲਾਈਨ ਕਲਾਸਾਂ ਲਈ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ।