ਪਿੰਡ ਬਹਿਲੋਲਪੁਰ ਵਿਖੇ ਵਿਸ਼ਾਲ ਕੁਸ਼ਤੀ ਦੰਗਲ-
ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ-ਜੇਤੂਆਂ ਨੂੰ ਇਨਾਮ ਵੰਡੇ ਅਤੇ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ

ਫ਼ਤਹਿਗੜ੍ਹ ਸਾਹਿਬ, 08 ਸਤੰਬਰ:-ਬਾਬਾ ਬੀਰਮ ਦਾਸ ਮੇਲਾ ਕਮੇਟੀ ਪਿੰਡ ਬਹਿਲੋਲਪੁਰ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ।ਇਸ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਤੇ ਪਰਮਿੰਦਰ ਡੂਮਛੇੜੀ ਨੇ ਪਵਨ ਦਿੱਲੀ ਨੂੰ ਹਰਾ ਕੇ ਝੰਡੀ ਕੁਸ਼ਤੀ ਜਿੱਤੀ। ਇਸ ਮੌਕੇ ਸ.ਨਾਗਰਾ ਨੇ ਜੇਤੂਆਂ ਨੂੰ ਇਨਾਮ ਵੰਡੇ ਅਤੇ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ।
ਵਿਧਾਇਕ ਸ. ਨਾਗਰਾ ਨੇ ਕਿਹਾ ਕਿ ਕਿਸੇ ਵੀ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਸ ਸਮਾਜ ਦੇ ਲੋਕਾਂ ਦਾ ਸਰੀਰਕ ਤੇ ਮਾਨਸਿਕ ਤੌਰ ਉਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਮਾਨਸਿਕ ਤੰਦਰੁਸਤੀ ਵਿੱਚ ਸਰੀਰਕ ਤੰਦਰੁਸਤੀ ਦਾ ਅਹਿਮ ਯੋਗਦਾਨ ਹੁੰਦਾ ਹੈ।
ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਦੇ ਲੋਕਾਂ ਤੇ ਖ਼ਾਸਕਰ ਕੇ ਸੂਬੇ ਦੇ ਨੌਜਵਾਨਾਂ ਦਾ ਤੰਦਰੁਸਤ ਹੋਣਾ ਲਾਜ਼ਮੀ ਹੈ। ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਜੋਂ ਇਹ ਟੂਰਨਾਮੈਂਟ ਅਹਿਮ ਯੋਗਦਾਨ ਪਾਵੇਗਾ।
ਸ. ਨਾਗਰਾ ਨੇ ਕਿਹਾ ਕਿ ਖੇਡਾਂ ਜ਼ਰੀਏ ਪੰਜਾਬ ਦੀ ਖੁਸ਼ਹਾਲੀ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਹਲਕੇ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਕਈ ਸਟੇਡੀਅਮ ਬਣਾ ਕੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ।
ਖੇਡਾਂ ਮਨੁੱਖ ਦੀ ਸ਼ਖ਼ਸੀਅਤ ਘੜਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ। ਖੇਡਾਂ ਨਾਲ ਮਨੁੱਖ ਕੇਵਲ ਸਰੀਰਕ ਤੌਰ ਉਤੇ ਹੀ ਮਜ਼ਬੂਤ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ ਉਤੇ ਵੀ ਹੋਰਨਾਂ ਨਾਲੋਂ ਵੱਧ ਮਜ਼ਬੂਤ ਹੋ ਜਾਂਦਾ ਹੈ ਤੇ ਉਸ ਵਿੱਚ ਹਰ ਖੇਤਰ ਵਿੱਚ ਹੋਰਨਾਂ ਨਾਲੋਂ ਚੰਗਾ ਪ੍ਰਦਰਸ਼ਨ ਕਰਨ ਦੀ ਸਮਰੱਥਾ ਪੈਦਾ ਹੋ ਜਾਂਦੀ ਹੈ।
ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸੇ ਤੋਂ ਮੋੜ ਕੇ ਉਨ੍ਹਾਂ ਨੂੰ ਚੰਗੀ ਜ਼ਿੰਦਗੀ ਦੇ ਰਾਹ ਪਾਉਣ ਲਈ ਅਹਿਮ ਉਪਰਾਲੇ ਕੀਤੇ ਗਏ ਹਨ ਤੇ ਖੇਡਾਂ ਨੂੰ ਪ੍ਰਫੁੱਲਤ ਕਰਨਾ, ਉਨ੍ਹਾਂ ਉਪਰਾਲਿਆਂ ਵਿੱਚੋਂ ਇੱਕ ਉਪਰਾਲਾ ਵੀ ਹੈ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ਼ਾਹਬਾਜ ਸਿੰਘ ਨਾਗਰਾ, ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਰਪੰਚ ਜਗਦੀਪ ਸਿੰਘ ਨੰਬਰਦਾਰ, ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਸਰਪੰਚ ਸੁਖਵਿੰਦਰ ਸਿੰਘ ਰਿਉਣਾ,ਸਰਪੰਚ ਜਸਦੇਵ ਸਿੰਘ ਜੱਸਾ,ਸਰਪੰਚ ਅਮਰਿੰਦਰ ਸਿੰਘ ਲਾਲੀ,ਜਤਿੰਦਰ ਸਿੰਘ,ਮੇਲਾ ਪ੍ਰਧਾਨ ਬਲਵਿੰਦਰ ਸਿੰਘ,ਸੰਦੀਪ ਸਿੰਘ ਸੋਨੀ,ਰਣਬੀਰ ਸਿੰਘ,ਸੰਤੋਖ ਸਿੰਘ,ਤਰਸੇਮ ਸਿੰਘ,ਬਿੱਟੂ ਸਾਰੇ ਪੰਚ,ਰਣਜੀਤ ਸਿੰਘ ਰਾਣਾ,ਗੁਰਲਾਲ ਸਿੰਘ ਲਾਲੀ,ਫੰਮਣ ਸਿੰਘ,ਕੁਲਵੰਤ ਸਿੰਘ,ਸਿੰਗਾਰਾ ਸਿੰਘ,ਸੁਖਦੀਪ ਸਿੰਘ,ਜਗਜੀਤ ਸਿੰਘ ਹੈਪੀ,ਦਲਬੀਰ ਸਿੰਘ ਨੰਬਰਦਾਰ,ਸੱਜਣ ਸਿੰਘ,ਮਨਜੀਤ ਸਿੰਘ,ਅਮਨ ਤੇ ਇਲਾਕੇ ਪੰਚ,ਸਰਪੰਚ ਹਾਜ਼ਰ ਸਨ।