ਅੱਖਾਂ ਦੀ ਜਾਂਚ ਲਈ ਲਗਾਏ ਜਾਣਗੇ ਕੈਂਪ; ਮੋਤੀਏ ਦੇ ਮਰੀਜ਼ਾਂ ਦਾ 15 ਦਿਨ ਬਾਅਦ ਕੀਤਾ ਜਾਵੇਗਾ ਆਪ੍ਰੇਸ਼ਨ
ਅੰਮਿ੍ਤਸਰ, 21 ਨਵੰਬਰ:---ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸੂਬੇ ਭਰ ਵਿੱਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ 26 ਨਵੰਬਰ ਤੋਂ ਪੂਰੇ ਸੂਬੇ ਵਿੱਚ ਸ਼ੁਰੂ ਹੋਵੇਗੀ। ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਬਾਲ ਕਿ੍ਸ਼ਨਾ ਨੌਜਵਾਨ ਵੈਲਫੇਅਰ ਸੁਸਾਇਟੀ ਨਮਕ ਮੰਡੀ ਨੂੰ ਇਕ ਲੱਖ ਰੁਪਏ ਦਾ ਚੈਕ ਦੇਣ ਮੌਕੇ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਭਰ ਵਿੱਚ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿੱਥੇ ਲੋਕਾਂ ਦੀਆਂ ਅੱਖਾਂ ਦੀ ਚੰਗੀ ਤਰਾਂ ਜਾਂਚ ਕੀਤੀ ਜਾਵੇਗੀ ਅਤੇ ਮੋਤੀਏ ਦੀ ਸਮੱਸਿਆ ਤੋਂ ਪੀੜਤ ਵਿਅਕਤੀਆਂ ਦੇ 15 ਦਿਨਾਂ ਬਾਅਦ ਆਪ੍ਰੇਸ਼ਨ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ, ‘‘ਲੋਕਾਂ ਨੂੰ ਉਨਾਂ ਦੇ ਘਰਾਂ ਤੋਂ ਕੈਂਪ ਵਾਲੀ ਥਾਂ ’ਤੇ ਲਿਆਉਣ-ਲਿਜਾਣ ਲਈ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਆਪ੍ਰੇਸ਼ਨ ਕਰਵਾਉਣ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਯਕੀਨੀ ਬਣਾਈ ਜਾਵੇਗੀ ਅਤੇ ਲੋਕਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ।’’
ਸ੍ਰੀ ਸੋਨੀ ਨੇ ਨੌਜਵਾਨਾਂ ਨੂੰ ਇਸ ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਵੀ ਦਿੱਤਾ।ਉਨ੍ਹਾਂ ਦੱਸਿਆ ਕਿ ਹੁਣ ਤੱਕ ਅਜਿਹੇ 82 ਕੈਂਪ ਲਗਾਏ ਜਾ ਚੁੱਕੇ ਹਨ ਅਤੇ ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਅਜਿਹਾ ਇੱਕ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਉਨ੍ਹਾਂ 50 ਪਰਿਵਾਰਾਂ ਨੂੰ ਡਾਕਟਰੀ ਸਹਾਇਤਾ ਲਈ ਸਹਾਇਤਾ ਰਾਸ਼ੀ ਵੀ ਦਿੱਤੀ। ਇਸ ਮੌਕੇ ਸ੍ਰੀ ਵਿਕਾਸ ਸੋਨੀ, ਸ ਸਰਬਜੀਤ ਸਿੰਘ ਲਾਟੀ, ਸ ਗੁਰਦੇਵ ਸਿੰਘ ਦਾਰਾ, ਲਖਵਿੰਦਰ ਸਿੰਘ ਲੱਖਾ, ਜਸਮੀਤ ਸਿੰਘ, ਸੰਜਮ ਅਰੋੜਾ, ਸੰਜੀਵ ਮਹਿਰਾ ਅਤੇ ਹੋਰ ਪਤਵੰਤੇ ਹਾਜ਼ਰ ਸਨ।