ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 346ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਨੰਦਪੁਰ ਸਾਹਿਬ ਮੱਥਾ ਟੇਕਿਆ।
ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸ਼ਰਧਾਲੂ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਈ ਜੈਤਾ ਜੀ ਦੇ ਸ਼ਰਧਾਲੂ ਸਿੱਖ ਵਜੋਂ ਪਾਏ ਗਏ ਮਹਾਨ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਭਾਈ ਜੈਤਾ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਅਨਿੰਨ ਸੇਵਕ ਸਨ, ਜਿਨ੍ਹਾਂ ਨੇ ਤਤਕਾਲੀ ਮੁਗਲ ਸਾਮਰਾਜ ਦੇ ਜ਼ੁਲਮਾਂ ਦੇ ਬਾਵਜੂਦ ਸਾਰੀਆਂ ਔਖਿਆਈਆਂ ਦਾ ਸਾਹਮਣਾ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਕ, ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਸੀ। ਬਾਅਦ ਵਿੱਚ ਭਾਈ ਜੀਵਨ ਸਿੰਘ ਜੀ ਨੇ ਵੀ ਮੁਗਲਾਂ ਨਾਲ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਭਾਈ ਜੈਤਾ ਜੀ ਦੇ ਆਤਮ-ਬਲੀਦਾਨ ਅਤੇ ਸਮਰਪਣ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਮਹਾਨ ਸਿੱਖ ਸ਼ਹੀਦ ਭਾਈ ਜੈਤਾ ਜੀ ਦੇ ਜਨਮ ਦਿਵਸ 'ਤੇ ਹਰੇਕ ਸਾਲ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਕਰਵਾਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੱਥਾ ਟੇਕਿਆ। ਇਸ ਮੌਕੇ ਮੁੱਖ ਮੰਤਰੀ ਨੇ ਸੰਤ ਸਮਾਜ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਭਾਈ ਜੈਤਾ ਜੀ ਦੇ ਤਪ ਅਸਥਾਨ ਵਿਖੇ ਜਾ ਕੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ।