*ਚੋਣ ਜਾਬਤਾ ਲਾਗੂ ਹੋਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸੰਘਰਸ਼ ਦਾ ਰੂਪ ਬਦਲਿਆ*

*10 ਤੋਂ 12 ਜਨਵਰੀ ਤੱਕ ਪੰਜਾਬ ਵਿੱਚ ਥਾਂ-ਥਾਂ ਪੁਤਲੇ ਅਤੇ 13 ਜਨਵਰੀ ਨੂੰ ਸਰਕਾਰ ਦੇ ਲਾਰਿਆਂ ਦੀ ਲੋਹੜੀ ਫੂਕਣ ਦਾ ਐਲਾਨ*

*16 ਜਨਵਰੀ ਨੂੰ ਜਲੰਧਰ ਵਿਖੇ ਨੁਮਾਇੰਦਾ ਕਨਵੈਨਸ਼ਨ ਕਰਕੇ ਕੀਤੇ ਜਾਣਗੇ ਵੱਡੇ ਐਲਾਨ*

ਚੰਡੀਗੜ੍ਹ, 8 ਜਨਵਰੀ :- ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਤੋਂ ਲਾਗੂ ਕੀਤੇ ਚੋਣ ਜਾਬਤੇ ਨੂੰ ਮੁੱਖ ਰੱਖਦੇ ਹੋਏ 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਦੀ ਹੰਗਾਮੀ ਵਰਚੁਅਲ ਮੀਟਿੰਗ ਸਾਂਝੇ ਫਰੰਟ ਦੇ ਕਨਵੀਨਰ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਆਪਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਜਿਸ ਕਾਰਨ ਚੌਣ ਜਾਬਤੇ ਦੌਰਾਨ ਵੀ ਸਰਕਾਰ ਖਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ।
         ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਖਦੇਵ ਸੈਣੀ,ਬਾਜ ਸਿੰਘ ਖਹਿਰਾ, ਸੁਖਚੈਨ ਸਿੰਘ ਖਹਿਰਾ, ਕਰਮ ਸਿੰਘ ਧਨੋਆ, ਠਾਕੁਰ ਸਿੰਘ, ਪ੍ਰੇਮ ਸਾਗਰ ਸ਼ਰਮਾਂ, ਪਰਵਿੰਦਰ ਖੰਗੂੜਾ, ਜਸਵੀਰ ਤਲਵਾੜਾ, ਸੁੁਖਜੀਤ ਸਿੰਘ, ਸਤਨਾਮ ਸਿੰਘ, ਕੁਲਵਰਨ ਸਿੰਘ ਨੇ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਇੱਕ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਕੀਤੇ ਬਿਨਾਂ 36000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਝੂਠੇ ਇਸ਼ਤਿਹਾਰ ਜਾਰੀ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ। ਇਸੇ ਤਰ੍ਹਾਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਉਲਟ ਜਾ ਕੇ ਪੈਨਸ਼ਨਰਾਂ ਨੂੰ ਬਣਦੇ ਲਾਭ ਨਾ ਦੇ ਕੇ, ਮੁਲਾਜ਼ਮਾਂ ਨੂੰ ਮਿਲਦੇ ਵੱਖ-ਵੱਖ ਭੱਤਿਆਂ ਅਤੇ ਏ.ਸੀ.ਪੀ ਤੇ ਰੋਕ ਲਗਾ ਕੇ ਪੂਰੀ ਤਰ੍ਹਾਂ ਮੁਲਾਜਮ ਤੇ ਪੈਨਸ਼ਨਰਾਂ ਦੇ ਹਿੱਤਾਂ ਦਾ ਘਾਣ ਕੀਤਾ ਹੈ। ਇਸ ਲਈ ਸਰਕਾਰ ਖਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ।
       ਆਗੂਆਂ ਨੇ ਆਖਿਆ ਕਿ ਚੋਣ ਜਾਬਤਾ ਲਾਗੂ ਹੋ ਜਾਣ ਕਾਰਨ ਬਦਲੇ ਹੋਏ ਹਾਲਾਤਾਂ ਵਿੱਚ 10 ਜਨਵਰੀ ਦਾ ਲਾਡੋਵਾਲ ਚੱਕਾ ਜਾਮ ਅਤੇ 14 ਜਨਵਰੀ ਦੀ ਮੁਹਾਲੀ ਰੈਲੀ ਮੁਲਤਵੀ ਕਰਕੇ 10 ਤੋਂ 12 ਜਨਵਰੀ ਤੱਕ ਪੰਜਾਬ ਦੇ ਕੋਨੇ ਕੋਨੇ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸੇ ਤਰਾਂ 13 ਜਨਵਰੀ ਨੂੰ ਪੰਜਾਬ ਸਰਕਾਰ ਦੇ ਲਾਰਿਆਂ ਦੀ ਲੋਹੜੀ ਬਾਲੀ ਜਾਵੇਗੀ। ਉਹਨਾਂ ਆਖਿਆ ਕਿ 16 ਜਨਵਰੀ ਨੂੰ ਹਰ ਤਰਾਂ ਦੇ ਕੱਚੇ ਤੇ ਪੱਕੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਦੀਆਂ ਜਥੇਬੰਦੀਆਂ ਤੇ ਫੈਡਰੇਸ਼ਨਾਂ ਦੀ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਨੁੰਮਾਇੰਦਾ ਕਨਵੈਨਸ਼ਨ ਕਰਕੇ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਨੂੰ ਘੇਰਨ ਦੀ ਰੂਪ ਰੇਖਾ ਉਲੀਕੀ ਜਾਵੇਗੀ।

*ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ*