ਜੰਗ-ਏ-ਆਜ਼ਾਦੀ ਯਾਦਗਾਰ ਨੂੰ ਬਿਜਲੀ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਯਾਦਗਾਰ ਦਾ ਦੌਰਾ ਕਰਕੇ ਉਥੇ 350 ਕਿਲੋਵਾਟ ਦੇ ਸੋਲਰ ਪਲਾਂਟ ਦੀ ਸਥਾਪਨਾ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਪ੍ਰਾਜੈਕਟ 'ਤੇ 1,43,37,166 ਰੁਪਏ ਦੀ ਲਾਗਤ ਆਵੇਗੀ ਅਤੇ ਇਹ ਡੇਢ ਮਹੀਨੇ ਤੱਕ ਮੁਕੰਮਲ ਹੋ ਜਾਵੇਗਾ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਦਾ ਮੁੱਖ ਮੰਤਵ ਬਿਜਲੀ ਪੈਦਾ ਕਰਨ ਲਈ ਸੋਲਰ ਊਰਜਾ ਦੀ ਵਰਤੋਂ ਕਰਨਾ ਹੈ । ਉਨ੍ਹਾਂ ਕਿਹਾ ਕਿ ਇਹ ਪਲਾਂਟ ਬਿਜਲੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਯਾਦਗਾਰ ਲਈ ਬਹੁਤ ਫਾਇਦੇਮੰਦ ਸਾਬਤ ਹੋਵੇਗਾ । ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਕਦਮ ਯਾਦਗਾਰ ਨੂੰ ਬਿਜਲੀ ਉਤਪਾਦਨ ਵਿੱਚ ਸਵੈ-ਨਿਰਭਰ ਬਣਾ ਕੇ ਜੰਗ-ਏ-ਆਜ਼ਾਦੀ ਕੰਪਲੈਕਸ ਵਿੱਚ ਵਿਕਾਸ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।
ਮੁੱਖ ਕਾਰਜਕਾਰੀ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਪਲਾਂਟ ਦੀ ਸਥਾਪਨਾ ਨਾਲ ਬਿਜਲੀ ਬਿੱਲ ਦੇ ਬੋਝ ਵਿੱਚ ਕਰੀਬ 50 ਫੀਸਦੀ ਦੀ ਕਮੀ ਆਵੇਗੀ ਕਿਉਂਕਿ ਇਹ ਸਾਰੇ ਕੰਪਲੈਕਸਾਂ ਨੂੰ ਸੋਲਰ ਪਲਾਂਟ ਰਾਹੀਂ ਪੈਦਾ ਕੀਤੀ ਸ਼ੁੱਧ ਬਿਜਲੀ ਸਪਲਾਈ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪਲਾਂਟ ਇਸ ਕੰਪਲੈਕਸ ਦੀ ਬਿਜਲੀ ਸਪਲਾਈ ਨੂੰ ਵਧਾਉਣ ਦੇ ਨਾਲ-ਨਾਲ ਸਰਵਓਤਮ ਵਰਤੋਂ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਸਿੱਧ ਹੋਵੇਗਾ।


ਇਸ ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਆਧਾਰ ’ਤੇ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਯਾਦਗਾਰ ਕੌਮੀ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੇ ਮਹਾਨ ਤੇ ਬੇਮਿਸਾਲ ਯੋਗਦਾਨ ਨੂੰ ਦਰਸਾਉਂਦੀ ਹੈ ਅਤੇ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਦਾ ਸੰਚਾਰ ਕਰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕਰਨਾ ਚਾਹੀਦਾ ਹੈ ਕਿਉਂਕਿ ਹੁਣ ਕੋਵਿਡ-19 ਮਹਾਂਮਾਰੀ ਦਾ ਪ੍ਰਭਾਵ ਵੀ ਘਟ ਗਿਆ ਹੈ । ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਯਾਦ ਕਰਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਸ ਸਥਾਨ ਦਾ ਦੌਰਾ ਕਰਨਾ ਸਾਡੇ ਲਈ ਬਹੁਤ ਅਹਿਮ ਹੈ।