- ਸਭ ਤੋਂ ਵੱਧ ਐਨ ਆਰ ਆਈ ਪਰਿਵਾਰਾਂ ਵਾਲੇ ਜ਼ਿਲ੍ਹਾ ਮੋਗਾ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ
ਮੋਗਾ, 10 ਜੂਨ :-ਸੂਬੇ ਵਿੱਚ ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਤੋਂ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਹੋਣਗੀਆਂ। ਮੁੱਖ ਮੰਤਰੀ ਦੇ ਇਸ ਐਲਾਨ ਦਾ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਬਹੁਤ ਲਾਭ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਰੋਡਵੇਜ਼ ਮੋਗਾ ਡੀਪੂ ਦੇ ਜਨਰਲ ਮੈਨੇਜਰ ਸ਼੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਮਾਲਵਾ ਦੇ ਬਾਕੀ ਜ਼ਿਲ੍ਹਿਆਂ ਨਾਲੋਂ ਸਭ ਤੋਂ ਵੱਧ ਐਨ ਆਰ ਆਈ ਪਰਿਵਾਰ ਰਹਿੰਦੇ ਹਨ। ਜਿਸ ਕਾਰਨ ਜ਼ਿਲ੍ਹਾ ਮੋਗਾ ਨੂੰ ਇਸ ਦਾ ਬਹੁਤ ਲਾਭ ਮਿਲੇਗਾ। ਉਹਨਾਂ ਕਿਹਾ ਕਿ ਕੋਸ਼ਿਸ਼ ਹੈ ਕਿ ਸ਼ਹਿਰ ਮੋਗਾ ਤੋਂ ਰੋਜ਼ਾਨਾ ਇਕ ਲਗਜ਼ਰੀ ਬੱਸ ਦਿੱਲੀ ਹਵਾਈ ਅੱਡੇ ਲਈ ਚਲਾਈ ਜਾਵੇ। ਇਸ ਲਈ ਟਰਾਂਸਪੋਰਟ ਵਿਭਾਗ ਨੂੰ ਪਰਮਿਟ ਜਾਰੀ ਕਰਨ ਲਈ ਲਿਖਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਬੱਸ ਰੋਜ਼ਾਨਾ ਮੋਗਾ ਦੇ ਮੁੱਖ ਬੱਸ ਸਟੈਂਡ ਤੋਂ ਸਵੇਰੇ 9 ਵਜੇ ਚੱਲਿਆ ਕਰੇਗੀ ਅਤੇ 8 ਘੰਟਿਆਂ ਵਿੱਚ ਦਿੱਲੀ ਹਵਾਈ ਅੱਡੇ ਪਹੁੰਚਿਆ ਕਰੇਗੀ। ਉਸ ਉਪਰੰਤ ਰਾਤ ਨੂੰ 11 ਵਜੇ ਤੱਕ ਫਲਾਇਟਾਂ ਦੀ ਉਡੀਕ ਕਰਕੇ ਵਾਪਿਸ ਮੋਗਾ ਲਈ ਚੱਲਿਆ ਕਰੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਨ੍ਹਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਵੈੱਬਸਾਈਟਾਂ ਤੇ ਉਪਲਬਧ ਹੋਵੇਗਾ।
ਉਹਨਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦੇ ਐਲਾਨ ਮੁਤਾਬਿਕ ਬੱਸ ਵਿਚ ਵੱਧ ਤੋਂ ਵੱਧ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ। ਕਿਰਾਇਆ ਵੀ ਨਿੱਜੀ ਬੱਸਾਂ ਤੋਂ ਅੱਧਾ ਲੱਗੇਗਾ। ਦੱਸਣਯੋਗ ਹੈ ਕਿ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਨੂੰ ਲੋਕਾਂ ਨੇ ਮਾਫ਼ੀਆ ਦੇ ਖ਼ਾਤਮੇ ਲਈ ਸੂਬੇ ਵਿੱਚ ਸੇਵਾ ਕਰਨ ਲਈ ਫਤਵਾ ਦਿੱਤਾ ਹੈ। ਉਹਨਾਂ ਕਿਹਾ ਕਿ ਹੁਣ ਟਰਾਂਸਪੋਰਟ ਮਾਫ਼ੀਆ ਬੀਤੇ ਦੀ ਗੱਲ ਬਣ ਜਾਵੇਗਾ।”
ਮੁੱਖ ਮੰਤਰੀ ਨੇ ਝੋਰਾ ਪ੍ਰਗਟਾਇਆ ਕਿ ਦਹਾਕਿਆਂ ਤੋਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉਤੇ ਬੱਸਾਂ ਚਲਾ ਰਿਹਾ ਸੀ ਅਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਇਸ ਕਾਰੋਬਾਰ ਉਤੇ ਇਜਾਰੇਦਾਰੀ ਕਾਇਮ ਕਰ ਲਈ ਸੀ ਅਤੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਸਨ। ਇਹ ਵੀ ਦੱਸਣਯੋਗ ਹੈ ਕਿ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਕਿਉਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹੀ ਇਸ ਰੂਟ ਉਤੇ ਬੱਸਾਂ ਚਲਾਉਣ ਦਾ ਹੱਕ ਹੈ ਅਤੇ ਕਿਉਂ ਪੰਜਾਬ ਸਰਕਾਰ ਇਨ੍ਹਾਂ ਰੂਟਾਂ ਉਤੇ ਬੱਸਾਂ ਨਹੀਂ ਚਲਾ ਰਹੀ।